ਆਪਣੀ ਬੋਲੀ, ਆਪਣਾ ਮਾਣ

ਨਵਾਂ ਘੱਲੂਘਾਰਾ – ਅਫ਼ਜ਼ਲ ਅਹਿਸਨ ਰੰਧਾਵਾ

ਅੱਖਰ ਵੱਡੇ ਕਰੋ+=

ਫ਼ੌਜ ਵੱਲੋਂ ਅਕਾਲ ਤਖ਼ਤ ਢਾਹੇ ਜਾਣ ‘ਤੇ ਲਹਿੰਦੇ ਪੰਜਾਬ ਦੇ ਕਵੀ ਨੇ ਹਾਅ ਦਾ ਨਾਅਰਾ ਮਾਰਿਆ। ਜੂਨ 1984 ਦੇ ਘੱਲੂਘਾਰੇ ਬਾਬਤ ਕਵਿਤਾ ਰਾਹੀਂ ਜੋ ਦਰਦ ਬਿਆਨ ਕੀਤਾ ਉਹ ਲੂੰ ਕੰਡੇ ਖੜੇ ਕਰਨ ਵਾਲਾ ਹੈ। ਸਾਡੀ ਸਾਂਝ ਮੁੱਢ ਕਦੀਮ ਦੀ ਹੈ।

ਸੁਣ ਰਾਹੀਆ ਕਰਮਾਂ ਵਾਲਿਆ !
ਮੈਂ ਬੇਕਰਮੀ ਦੀ ਬਾਤ ।
ਮੇਰਾ ਚੜ੍ਹਦਾ ਸੂਰਜ ਡੁੱਬਿਆ
ਮੇਰੇ ਦਿਨ ਨੂੰ ਖਾ ਗਈ ਰਾਤ ।

ਮੇਰੀ ਸਾਵੀ ਕੁੱਖ ਜਨਮਾ ਚੁੱਕੀ
ਜਿਹੜੀ ਗੁਰੂ ਸਿਆਣੇ ਵੀਰ ।
ਅੱਜ ਤਪਦੀ ਭੱਠੀ ਬਣ ਗਈ
ਤੇ ਉਹਦੀ ਵੇਖ ਅਸੀਰ ।

ਅੱਜ ਤਪਦੀ ਭੱਠੀ ਬਣ ਗਈ
ਮੇਰੀ ਸਾਵੀ ਕੁੱਖ ਅਖ਼ੀਰ ।
ਵਿੱਚ ਫੁੱਲਿਆਂ ਵਾਂਗੂੰ ਖਿੜ ਪਏ
ਮੇਰੇ ਸ਼ੇਰ ਜਵਾਨ ਤੇ ਪੀਰ ।

ਅੱਜ ਤਪਦੀ ਭੱਠੀ ਬਣ ਗਈ
ਮੇਰੀ ਮਹਿਕਾਂ ਵੰਡਦੀ ਕੁੱਖ ।
ਅੱਜ ਮੇਰੇ ਥਣਾਂ ‘ਚੋਂ ਚੁੰਘਦੇ
ਮੇਰੇ ਬਚੇ ਲਹੂ ਤੇ ਦੁੱਖ ।

ਅੱਜ ਤਪਦੀ ਭੱਠੀ ਬਣ ਗਈ
ਮੇਰੀ ਸੱਤ ਸਮੁੰਦਰ ਅੱਖ ।
ਅੱਜ ਝੱਲੀ ਜਾਏ ਨਾ ਜੱਗ ਤੋਂ
ਮੇਰੀ ਸ਼ਹੀਦਾਂ ਵਾਲੀ ਦੱਖ ।

ਅੱਜ ਤਪਦੀ ਭੱਠੀ ਬਣ ਗਈ
ਮੇਰੀ ਚੂੜੇ ਵਾਲੀ ਬਾਂਹ ।
ਅੱਜ ਵਿੱਚ ਸ਼ਹੀਦੀ ਝੰਡਿਆਂ
ਹੈ ਮੇਰਾ ਝੰਡਾ ‘ਤਾਂਹ ।

ਅੱਜ ਤਪਦੀ ਭੱਠੀ ਬਣ ਗਿਆ
ਮੇਰਾ ਸਗਲੇ ਵਾਲਾ ਪੈਰ ।
ਅੱਜ ਵੈਰੀਆਂ ਕੱਢ ਵਿਖਾਲਿਆ
ਹੈ ਪੰਜ ਸਦੀਆਂ ਦਾ ਵੈਰ ।

ਅੱਜ ਤਪਦੀ ਭੱਠੀ ਬਣ ਗਈ
ਮੇਰੀ ਦੁੱਧਾਂ ਵੰਡਦੀ ਛਾਤ ।
ਮੈਂ ਆਪਣੀ ਰੱਤ ਵਿੱਚ ਡੁੱਬ ਗਈ
ਪਰ ਬਾਹਰ ਨਾ ਮਾਰੀ ਝਾਤ ।

ਅੱਜ ਤਪਦੀ ਭੱਠੀ ਬਣ ਗਿਆ
ਮੇਰਾ ਮੱਖਣ ਜਿਹਾ ਸਰੀਰ
ਮੈਂ ਕੁੱਖ ਸੜੀ ਵਿੱਚ ਸੜ ਮਰੇ
ਮੇਰਾ ਰਾਂਝਾ ਮੇਰੀ ਹੀਰ ।

ਅੱਜ ਤਪਦੀ ਭੱਠੀ ਬਣ ਗਿਆ
ਮੇਰਾ ਡਲ੍ਹਕਾਂ ਮਾਰਦਾ ਰੰਗ ।
ਮੈਂ ਮਰ ਜਾਣੀ ਵਿੱਚ ਸੜ ਗਿਆ
ਅੱਜ ਮੇਰਾ ਇੱਕ ਇੱਕ ਅੰਗ ।

ਅੱਜ ਤਪਦੀ ਭੱਠੀ ਬਣ ਗਈ
ਮੇਰੇ ਵਿਹੜੇ ਦੀ ਹਰ ਇੱਟ ।
ਜਿਥੇ ਦੁਨੀਆਂ ਮੱਥਾ ਟੇਕਦੀ
ਓਹ ਬੂਟਾਂ ਛੱਡੀ ਭਿੱਟ ।

ਮੇਰੇ ਬੁਰਜ ਮੁਨਾਰੇ ਢਾਹ ਦਿੱਤੇ
ਢਾਹ ਦਿੱਤਾ ਤਖਤ ਅਕਾਲ ।
ਮੇਰਾ ਸੋਨੇ ਰੰਗ ਰੰਗ ਅੱਜ
ਮੇਰੇ ਲਹੂ ਨਾ’ ਲਾਲੋ ਲਾਲ ।

ਮੇਰੀਆਂ ਖੁੱਥੀਆਂ ਟੈਂਕਾਂ ਮੀਢੀਆਂ
ਮੇਰੀ ਲੂਹੀ ਬੰਬਾਂ ਗੁੱਤ ।
ਮੇਰੇ ਕੁੱਛੜ ਅੰਨ੍ਹੀਆਂ ਗੋਲੀਆਂ
ਭੁੰਨ ਸੁੱਟੇ ਮੇਰੇ ਪੁੱਤ ।

ਮੇਰਾ ਚੂੜਾ ਰਾਤ ਸੁਹਾਗ ਦਾ
ਹੋਇਆ ਏਦਾਂ ਲੀਰੋ ਲੀਰ ।
ਜਿੱਦਾਂ ਕਿਰਚੀ ਕਿਰਚੀ ਹੋ ਗਈ
ਮੇਰੀ ਸ਼ੀਸ਼ੇ ਦੀ ਤਸਵੀਰ ।

ਮੇਰਾ ਸ਼ੇਰ ਬਹਾਦਰ ਸੂਰਮਾ
ਜਰਨੈਲਾਂ ਦਾ ਜਰਨੈਲ ।
ਉਸ ਮੌਤ ਵਿਆਹੀ ਹੱਸ ਕੇ
ਓਹਦੇ ਦਿਲ ‘ਤੇ ਰਤਾ ਨਾ ਮੈਲ ।

ਪਰ ਕੋਈ ਨਾ ਉਹਨੂੰ ਬਹੁੜਿਆ
ਉਹਨੂੰ ਵੈਰੀਆਂ ਮਾਰਿਆ ਘੇਰ ।
ਉਂਝ ਡੱਕੇ ਰਹਿ ਗਏ ਘਰਾਂ ‘ਚ
ਮੇਰੇ ਲੱਖਾਂ ਪੁੱਤਰ ਸ਼ੇਰ ।

ਸੁਣ ਰਾਹੀਆ ਕਰਮਾਂ ਵਾਲਿਆ !
ਮੈਂ ਬੇਕਰਮੀ ਦੀ ਬਾਤ ।
ਮੇਰਾ ਚੜ੍ਹਦਾ ਸੂਰਜ ਡੁੱਬਿਆ
ਮੇਰੇ ਦਿਨ ਨੂੰ ਖਾ ਗਈ ਰਾਤ ।


ਲਫ਼ਜਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਸਾਹਿਤ, ਸਭਿਆਚਾਰ, ਵਿਰਸੇ ਨਾਲ ਸਬੰਧਤ ਲਿਖਤਾਂ, ਆਡਿਓ, ਵੀਡਿਓ, ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।

ਇਕੋ ਵਾਰ ਸਹਿਯੋਗ ਕਰਨ ਲਈ ਰਕਮ ਚੁਣੋ।

ਸਾਡੀ ਪੱਕੀ ਮੈਂਬਰਸ਼ਿਪ ਲੈਣ ਲਈ ਬਟਨ ਦੱਬੋ

ਤੁਸੀਂ ਇਸ ਤਰ੍ਹਾਂ ਦੀਆਂ ਲਿਖਤਾਂ ਲਈ ਸਾਡੇ ਨਾਲ ਸੋਸ਼ਲ ਮੀਡੀਆ ’ਤੇ ਜੁੜੋ

Comments

Leave a Reply

Your email address will not be published. Required fields are marked *