ਸੀਰੀ ਤੇ ਜੱਟ ਦੀ ਸਾਂਝੀ ਵਿਥਿਆ ਦੇ ਨਾਂ
ਗਲ਼ ਲੱਗ ਕੇ ਸੀਰੀ ਦੇ ਜੱਟ ਰੋਵੇ,
ਬੋਹਲ੍ਹਾਂ ਵਿਚੋਂ ਨੀਰ ਵਗਿਆ ।
ਲਿਆ ਤੰਗਲੀ ਨਸੀਬਾਂ ਨੂੰ ਫਰੋਲੀਏ,
ਤੂੜੀ ਵਿਚੋਂ ਪੁੱਤ ‘ਜੱਗਿਆ’ ।
ਸਾਡੇ ਪਿੜ ਵਿਚ ਤੇਰੇ ਗਲ਼ ਚੀਥੜੇ ਨੀ,
ਮੇਰੀਏ ਜੁਆਨ ਕਣਕੇ ।
ਕੱਲ੍ਹ ਸ਼ਾਹਾਂ ਦੇ ਗੋਦਾਮਾਂ ਵਿਚੋਂ ਨਿਕਲ਼ੇਂ,
ਤੂੰ ਸੋਨੇ ਦਾ ਪਟੋਲਾ ਬਣ ਕੇ ।
ਤੂੰ ਵੀ ਬਣ ਗਿਆ ਗ਼ਮਾਂ ਦਾ ਗੁਮੰਤਰੀ,
ਓ ! ਮੇਰੇ ਬੇਜ਼ੁਬਾਨ ਢੱਗਿਆ ।
ਗਲ ਲੱਗ ਕੇ ਸੀਰੀ ਦੇ…
ਸਾਡਾ ਘੁੱਟੀਂ ਘੁੱਟੀਂ ਖ਼ੂਨ ਤੇਲ ਪੀ ਗਿਆ,
ਤੇ ਖ਼ਾਦ ਖਾ ਗਈ ਹੱਡ ਖਾਰ ਕੇ ।
ਬੋਲੇ ਬੈਂਕ ਦੀ ਤਕਾਵੀ ਵਹੀ ਅੰਦਰੋਂ,
ਬੋਹਲ ਨੂੰ ਖੰਗੂਰਾ ਮਾਰ ਕੇ ।
ਸਾਨੂੰ ਬਿਜਲੀ ਝੰਜੋੜਾ ਏਨਾ ਮਾਰਿਆ,
ਕਿ ਸੱਧਰਾਂ ਨੂੰ ਲਾਂਬੂ ਲੱਗਿਆ ।
ਗਲ ਲੱਗ ਕੇ ਸੀਰੀ ਦੇ…
ਧੀਏ ਕਿਹੜੇ ਨੀ ਭੜੋਲੇ ਵਿਚ ਡੱਕ ਲਾਂ,
ਮੈਂ ਤੇਰੀਆਂ ਜੁਆਨ ਸੱਧਰਾਂ ।
ਵੱਢ ਖਾਣੀਆਂ ਸੱਸਾਂ ਦਾ ਰੂਪ ਧਾਰਿਆ,
ਹੈ ਸਾਡੀਆਂ ਸਮਾਜੀ ਕਦਰਾਂ ।
ਧੀਏ ਕਿਹੜੇ ਮੈਂ ਨਜੂਮੀਆਂ ਨੂੰ ਪੁੱਛ ਲਾਂ,
ਕਿਉਂ ਚੰਨ ਨੂੰ ਸਰਾਪ ਲੱਗਿਆ ?
ਗਲ ਲੱਗ ਕੇ ਸੀਰੀ ਦੇ…
ਸੁੱਕੇ ਜਾਣ ਨਾ ਬੋਹਲ੍ਹਾਂ ਦਾ ਮਾਰ ਮਗਰਾ,
ਜੋ ਮਾਰਦੇ ਨੇ ਜਾਂਦੇ ਚਾਂਗਰਾਂ ।
ਅੱਕ ਝੱਖੜਾਂ ਨੇ ਤੂੜੀ ਨੂੰ ਬਖੇਰਿਆ,
ਹੈ ਖੇਤਾਂ ‘ਚ ਬਰੂਦ ਵਾਂਗਰਾਂ ।
ਹੁਣ ਸਾਡਿਆਂ ਹੀ ਹੱਥਾਂ ਨੇ ਹੀ ਚੋਵਣਾਂ,
ਜੋ ਮਿਹਨਤਾਂ ਨੂੰ ਮਾਖੋਂ ਲੱਗਿਆ ।
ਗਲ ਲੱਗ ਕੇ ਸੀਰੀ ਦੇ…
ਸੰਤ ਰਾਮ ਉਦਾਸੀ ਜੀ ਦਾ ਜਨਮ 20 ਅਪ੍ਰੈਲ 1939 ਵਿਚ ਹੋਇਆ। ਉਦਾਸੀ ਪੰਜਾਬੀ ਸਾਹਿਤ ਦੇ ਜੁਝਾਰੂ ਕ੍ਰਾਂਤੀਕਾਰੀ ਕਵੀ ਦੇ ਤੌਰ ਤੇ ਜਾਣੇ ਜਾਂਦੇ ਹਨ। ਉਨ੍ਹਾਂ ਦਾ ਕਾਵਿ ਸੰਗ੍ਰਹਿ “ਲਹੂ ਭਿੱਜੇ ਬੋਲ” ਪੰਜਾਬੀ ਸਾਹਿਤ ਵਿਚ ਇਕ ਕ੍ਰਾਂਤੀਕਾਰੀ ਹਸਤਾਖ਼ਰ ਹੈ। ਉਦਾਸੀ ਦੀਆਂ ਰਚਨਾਵਾਂ ਡੂੰਘੀ ਸੋਚ ਤੇ ਚੇਤਨਾ ਜਗਾਉਂਣ ਵਾਲੀਆਂ ਹਨ। ਹਜ਼ੂਰ ਸਾਹਿਬ ਵਿਖੇ ਹੋਏ ਕਵੀ ਦਰਬਾਰ ਤੋਂ ਵਾਪਿਸ ਆਉਂਦੇ ਹੋਏ 06 ਨਵੰਬਰ 1986 ਨੂੰ ਰੇਲਗੱਡੀ ਵਿਚ ਹੀ ਉਨ੍ਹਾਂ ਆਖ਼ਰੀ ਸਾਹ ਲਿਆ, ਪਰ ਆਪਣੀਆ ਲਿਖ਼ਤਾਂ ਰਾਹੀ ਅੱਜ ਵੀਂ ਜਿਉਂਦੇ ਨੇ ਅਤੇ ਚੇਤਨਾ ਪੈਦਾ ਕਰ ਰਹੇ ਨੇ।
ਇਹ ਵੀ ਪੜ੍ਹੋ
ਲਫ਼ਜਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਸਾਹਿਤ, ਸਭਿਆਚਾਰ, ਵਿਰਸੇ ਨਾਲ ਸਬੰਧਤ ਲਿਖਤਾਂ, ਆਡਿਓ, ਵੀਡਿਓ, ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।
ਕਹਾਣੀਆਂ ਪੜ੍ਹੋ । ਕਵਿਤਾਵਾਂ ਪੜ੍ਹੋ । ਲੇਖ ਪੜ੍ਹੋ । ਬੋਲਦੀਆਂ ਕਿਤਾਬਾਂ
ਰੇਡੀਉ ਸੁਣੋ । ਵੀਡੀਉ ਦੇਖੋ ਸੁਣੋ
Leave a Reply